328 ਪਾਵਨ ਸਰੂਪ ਲਾਪਤਾ ਨਹੀਂ ਹੋਏ, ਮੁਲਾਜ਼ਮ ਨੇ ਭੇਟਾ ਵਿਚ ਘਪਲਾ ਕੀਤਾ-ਧਾਮੀ

0
60

ਅੰਮ੍ਰਿਤਸਰ-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਥੇ ਮੁੜ ਦਾਅਵਾ ਕੀਤਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਜਿਨ੍ਹਾਂ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੀ ਗੱਲ ਕਹੀ ਜਾ ਰਹੀ ਹੈ, ਉਹ ਅਸਲ ਵਿੱਚ ਲਾਪਤਾ ਨਹੀਂ ਹੋਏ ਹਨ ਤੇ ਨਾ ਹੀ ਕੋਈ ਬੇਅਦਬੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਮਾਮਲਾ ਭੇਟਾ ਦੇ ਘਪਲੇ ਨਾਲ ਸਬੰਧਤ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ ਹੁਣ ਤੱਕ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਾਫ਼ੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ। ਇਸ ਮੁੱਦੇ ਸਬੰਧੀ ਸਿੱਖ ਸਦਭਾਵਨਾ ਦਲ ਦਾ ਧਰਨਾ ਅੱਜ ਵੀ ਜਾਰੀ ਹੈ। ਇਸ ਤੋਂ ਇਲਾਵਾ ਹੋਰ ਕਈ ਸਿੱਖ ਜਥੇਬੰਦੀਆਂ ਵੀ ਲਗਾਤਾਰ ਸਵਾਲ ਖੜ੍ਹੇ ਕਰ ਰਹੀਆਂ ਹਨ। ਇਸ ਸਬੰਧ ਵਿੱਚ ਇਕ ਵੀਡੀਓ ਜਾਰੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਦਾਅਵਾ ਕੀਤਾ ਹੈ ਕਿ ਇਹ ਸਰੂਪ ਨਾ ਲਾਪਤਾ ਹੋਏ ਹਨ ਤੇ ਨਾ ਹੀ ਬੇਅਦਬੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਸ ਵੇਲੇ ਦੇ ਜ਼ਿੰਮੇਵਾਰ ਅਮਲੇ ਵੱਲੋਂ ਇਹ ਸਰੂਪ ਸੰਗਤ ਨੂੰ ਦਿੱਤੇ ਗਏ, ਪਰ ਇਨ੍ਹਾਂ ਦੀ ਭੇਟਾ ਦਰਜ ਨਹੀਂ ਕੀਤੀ ਗਈ ਤੇ ਇਹ ਭੇਟਾ ਉਨ੍ਹਾਂ ਦੀ ਜੇਬ ਵਿੱਚ ਚਲੀ ਗਈ। ਉਨ੍ਹਾਂ ਕਿਹਾ ਕਿ ਇਹ ਸਿੱਧੇ ਤੌਰ ‘ਤੇ ਧੋਖਾਧੜੀ ਦਾ ਮਾਮਲਾ ਹੈ ਤੇ ਇਸ ਸਬੰਧੀ ਲਗਪਗ ਦਰਜਨ ਮੁਲਾਜ਼ਮਾਂ ਨੂੰ ਜੁਰਮਾਨਾ ਲਾਉਣ ਤੇ ਸੇਵਾਵਾਂ ਖਤਮ ਕਰਨ ਦੀ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਕਰਵਾਈ ਗਈ ਜਾਂਚ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਸ੍ਰੀ ਧਾਮੀ ਨੇ ਕਿਹਾ ਕਿ ਰਿਪੋਰਟ ਵਿੱਚ ਸਪੱਸ਼ਟ ਹੈ ਇਹ ਸਰੂਪ ਸੰਗਤ ਨੂੰ ਭੇਜੇ ਗਏ ਹਨ।