ਮੁਤਵਾਜ਼ੀ ਜਥੇਦਾਰ ਵੱਲੋਂ ਮੁੱਖ ਮੰਤਰੀ ਮਾਨ ਅਕਾਲ ਤਖ਼ਤ ’ਤੇ ਤਲਬ

0
46

ਅੰਮ੍ਰਿਤਸਰ-ਸ੍ਰੀ ਦਰਬਾਰ ਸਾਹਿਬ ਤੋਂ ਹੁੰਦੇ ਗੁਰਬਾਣੀ ਕੀਰਤਨ ਦੇ ਪ੍ਰਸਾਰਨ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਗੁਰਦੁਆਰਾ ਸੋਧ ਬਿੱਲ ਪਾਸ ਕੀਤੇ ਜਾਣ ਨੂੰ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਾਰ ਦਿੰਦਿਆਂ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 28 ਜੂਨ ਨੂੰ ਸ੍ਰੀ ਅਕਾਲ ਤਖ਼ਤ ‘ਤੇ ਤਲਬ ਕਰਦਿਆਂ ਸਪੱਸ਼ਟੀਕਰਨ ਮੰਗਿਆ ਹੈ। ਅੱਜ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਸਾਹਮਣੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਈ ਮੰਡ ਨੇ ਆਖਿਆ ਕਿ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਹੈ। ਉਨ੍ਹਾਂ ਇਸ ਮਾਮਲੇ ਵਿੱਚ ਮੁੱਖ ਮੰਤਰੀ ਨੂੰ ਆਦੇਸ਼ ਦਿੱਤਾ ਹੈ ਕਿ ਉਹ 28 ਜੂਨ ਨੂੰ ਸਵੇਰੇ 11 ਵਜੇ ਅਕਾਲ ਤਖ਼ਤ ‘ਤੇ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਇਸ ਮਾਮਲੇ ਵਿੱਚ ਸਪੱਸ਼ਟੀਕਰਨ ਦੇਣ। ਇਸ ਮਾਮਲੇ ਵਿੱਚ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਆਦੇਸ਼ ਦਿੱਤਾ ਹੈ ਕਿ ਉਹ ਕੌਮ ਦੇ ਸਾਹਮਣੇ ਸਪੱਸ਼ਟੀਕਰਨ ਦੇਣ ਕਿ ਸ਼੍ਰੋਮਣੀ ਕਮੇਟੀ ਹੁਣ ਤਕ ਆਪਣਾ ਚੈਨਲ ਸਥਾਪਤ ਕਿਉਂ ਨਹੀਂ ਕਰ ਸਕੀ ਅਤੇ ਕਿੰਨੇ ਸਮੇਂ ਵਿੱਚ ਆਪਣਾ ਚੈਨਲ ਸਥਾਪਤ ਕਰੇਗੀ।