ਭਾਜਪਾ ਨਾਲ ਸਾਂਝ ਪੰਜਾਬ ਦੇ ਮੁੱਦਿਆਂ ਕਰਕੇ ਤੋੜੀ-ਸੁਖਬੀਰ

0
9

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਦਿੱਲੀ ਦੀਆਂ ਸਿਆਸੀ ਪਾਰਟੀਆਂ ‘ਤੇ ਪੰਜਾਬ ਪ੍ਰਤੀ ਵਫ਼ਾਦਾਰ ਨਾ ਹੋਣ ਦਾ ਦੋਸ਼
ਮਾਨਸਾ-ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਜਪਾ ਨਾਲ ਸਮਝੌਤਾ ਸੀਟਾਂ ਦੀ ਵੰਡ ਨੂੰ ਲੈ ਕੇ ਬਿਲਕੁਲ ਨਹੀਂ ਟੁੱਟਿਆ, ਸਗੋਂ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ 4-5 ਦਿਨ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ ਤੋਂ ਦੂਰੀ ਬਣਾਉਣ ਦਾ ਸਰਬਸੰਮਤੀ ਨਾਲ ਫ਼ੈਸਲਾ ਲਿਆ ਸੀ। ਉਨ੍ਹਾਂ ਕਿਹਾ ਕਿ ਭਾਵੇਂ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਸਣੇ ਹੋਰ ਆਗੂ ਸੀਟਾਂ ਦੀ ਵੰਡ ਨੂੰ ਲੈ ਕੇ ਗੱਠਜੋੜ ਸਿਰੇ ਨਾ ਚੜ੍ਹਨ ਦੀ ਗੱਲ ਕਰ ਰਹੇ ਹਨ, ਪਰ ਸੱਚਾਈ ਇਹ ਹੈ ਕਿ ਅਕਾਲੀ ਦਲ ਨੇ ਲੰਬੇ ਸਮੇਂ ਤੋਂ ਚਲੀ ਆ ਰਹੀ ਭਾਜਪਾ ਨਾਲ ਸਾਂਝ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਹੀ ਤੋੜੀ ਹੈ। ਬਾਦਲ ਨੇ ਕਿਹਾ ਕਿ ਰਾਜ ਵਿੱਚ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਚੋਣ ਮੈਦਾਨ ਵਿਚ ਇਕੱਲੀ ਖੇਤਰੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਸਾਡਾ ਭਾਜਪਾ, ਕਾਂਗਰਸ ਤੇ ਆਮ ਆਦਮੀ ਪਾਰਟੀ ਨਾਲ ਮੁਕਾਬਲਾ ਹੈ, ਜਿਨ੍ਹਾਂ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿਰਫ ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਪੰਜਾਬ ਨਾਲ ਕਦੇ ਵਫ਼ਾਦਾਰ ਨਹੀਂ ਹੋਈਆਂ। ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦਾ ਮੰਤਰੀ ਮੰਡਲ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਿਚ ਰੁੱਝਿਆ ਹੋਇਆ ਹੈ। ਜੋਗਾ (ਸ਼ੰਗਾਰਾ ਸਿੰਘ ਅਕਲੀਆ): ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ‘ ਯਾਤਰਾ ਅੱਜ ਪਿੰਡ ਅਕਲੀਆ, ਸ਼ਹਿਰ ਜੋਗਾ, ਰੱਲਾ ਤੋਂ ਹੁੰਦੀ ਹੋਈ ਮਾਨਸਾ ਵੱਲ ਰਵਾਨਾ ਹੋ ਗਈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕਤੰਤਰ ਦੀ ਖ਼ੂਬਸੂਰਤੀ ਹੈ ਕਿ ਅਸਲ ਤਾਕਤ ਲੋਕਾਂ ਦੇ ਹੱਥਾਂ ਵਿੱਚ ਹੈ ਪਰ ਕਈ ਵਾਰ ਭਾਵੁਕ ਹੋ ਕੇ ਲੋਕ ਗ਼ਲਤ ਫ਼ੈਸਲਾ ਲੈ ਬੈਠਦੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਵਿਚਾਰਧਾਰਾ ਤੋਂ ਸੱਖਣੇ ਲੋਕਾਂ ਦੇ ਹੱਥ ਸੂਬੇ ਦੀ ਸੱਤਾ ਆਉਣ ਕਾਰਨ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ। ਸਾਬਕਾ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦਾਅਵਾ ਕੀਤਾ ਕਿ ‘ਆਪ‘ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਵਾਅਦਾ ਕਰਨ ਦੇ ਬਾਵਜੂਦ ਔਰਤਾਂ ਦੇ ਖਾਤੇ ਵਿੱਚ ਹਜ਼ਾਰ-ਹਜ਼ਾਰ ਰੁਪਏ ਅਜੇ ਤੱਕ ਨਹੀਂ ਆਇਆ। ਹੁਣ ਪੰਜਾਬ ਦੀਆਂ ਬੀਬੀਆਂ ਹੀ ਇਨ੍ਹਾਂ ਨੂੰ ਸਬਕ ਸਿਖਾਉਣਗੀਆਂ।