ਹਰਿਆਣਾ ਦੀਆਂ ਖਾਪ ਪੰਚਾਇਤਾਂ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ

0
15

ਪਟਿਆਲਾ-ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਅੱਜ ਸ਼ੱਭੂ ਅਤੇ ਢਾਬੀਗੁੱਜਰਾਂ ਬਾਰਡਰਾਂ ‘ਤੇ ਬੈਠੇ ਕਿਸਾਨਾਂ ਨੂੰ ਸਮਰਥਨ ਦੇਣ ਦਾ ਫ਼ੈਸਲਾ ਲਿਆ ਹੈ। ਹਰਿਆਣਾ ਦੇ ਕਿਸਾਨ ਆਗੂ ਅਸ਼ੋਕ ਬਹਿਲਾਰਾ ਨੇ ਖਾਪ ਪੰਚਾਇਤਾਂ ਦੇ ਬੁਲਾਰੇ ਵਜੋਂ ਅੱਜ ਸ਼ੰਭੂ ਬਾਰਡਰ ‘ਤੇ ਸਰਵਣ ਸਿੰਘ ਪੰਧੇਰ ਅਤੇ ਪੰਜਾਬ ਦੇ ਹੋਰ ਕਿਸਾਨ ਆਗੂਆਂ ਦੀ ਮੌਜੂਦਗੀ ਵਿੱਚ ਕੀਤੀ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਇਹ ਅੰਦੋਲਨ ਸਿਰਫ ਪੰਜਾਬ ਦਾ ਹੀ ਨਹੀਂ ਸਗੋਂ ਹਰਿਆਣਾ ਦੇ ਕਿਸਾਨਾਂ ਦਾ ਵੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਕਾਫਲਿਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਲਗਾਈਆਂ ਗਈਆਂ ਰੋਕਾਂ ਹਟਾਉਣ ਲਈ 10 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਹੈ। ਇਸ ਤਹਿਤ ਜੇਕਰ 16 ਮਾਰਚ ਤੱਕ ਇਸ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਖਾਪ ਪੰਚਾਇਤਾਂ ਵੱਲੋਂ ਹਰਿਆਣਾ ਸਰਕਾਰ ਦੇ ਅਜਿਹੇ ਰਵੱਈਏ ਖ਼ਿਲਾਫ਼ ਕੋਈ ਤਿੱਖਾ ਪ੍ਰੋਗਰਾਮ ਉਲੀਕਿਆ ਜਾਵੇਗਾ।