ਹਰਿਆਣਾ ਵੱਲੋਂ ਰਾਹ ਖੋਲ੍ਹੇ ਜਾਣ ਤੋਂ ਬਾਅਦ ਹੀ ਕਿਸਾਨਾਂ ਵਲੋਂ ਦਿੱਲੀ ਵੱਲ ਨੂੰ ਕੂਚ ਕਰਨ ਦਾ ਐਲਾਨ

0
31

ਪਟਿਆਲਾ- ਸ਼ੰਭੂ ਬਾਰਡਰ ‘ਤੇ ਕਿਸਾਨ ਆਗੂ ਸਰਵਣ ਸਿੰਘ ਪਧੇਰ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਹਾ ਕਿ ਕਿਸਾਨ ਅੰਦੋਲਨ ਹੁਣ ਦੇਸ਼ ਵਿਆਪੀ ਹੋ ਨਿਬੜਿਆ ਹੈ। ਜੇ ਇਹ ਅੰਦੋਲਨ ਪੰਜਾਬ ਪੱਧਰ ਦਾ ਹੁੰਦਾ, ਤਾਂ ਫੇਰ ਕੇਂਦਰ ਸਰਕਾਰ ਨੂੰ ਹੋਰਨਾਂ ਸੂਬਿਆਂ ਅਤੇ ਦਿੱਲੀ ‘ਚ ਧਾਰਾ 144 ਲਾਉਣ ਦੀ ਲੋੜ ਨਾ ਪੈਂਦੀ। ਉਨ੍ਹਾਂ ਦੁਹਰਾਇਆ ਕਿ ਹਰਿਆਣਾ ਸਰਕਾਰ ਵੱਲੋਂ ਰਾਹ ਖੋਲ੍ਹੇ ਜਾਣ ਤੋਂ ਬਾਅਦ ਹੀ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਟਰੈਕਟਰ-ਟਰਾਲੀਆਂ ਸਣੇ ਦਿੱਲੀ ਵੱਲ ਨੂੰ ਕੂਚ ਕਰਨਗੇ। ਇਸੇ ਦੌਰਾਨ ਕਿਸਾਨ ਆਗੂ ਨੇ ਕਿਹਾ ਕਿ 10 ਮਾਰਚ ਨੂੰ ਪੰਜਾਬ ਸਣੇ ਉੱਤਰੀ ਭਾਰਤ ਦੇ 30 ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਰੇਲਗੱਡੀਆਂ ਰੋਕੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਹ ਖੁਦ ਅੰਮ੍ਰਿਤਸਰ ਵਿਚਲੀ ਇੱਕ ਥਾਂ ‘ਤੇ ਰੇਲ ਰੋਕੋ ਦੇ ਇਸ ਐਕਸ਼ਨ ਦੀ ਅਗਵਾਈ ਕਰਨਗੇ। ਬਾਕੀ ਕਿਸਾਨ ਆਗੂਆਂ ਦੀਆਂ ਵੀ ਇਸ ਸਬੰਧੀ ਡਿਊਟੀਆਂ ਲਾਈਆਂ ਗਈਆਂ ਹਨ। ਹਰਿਆਣਾ ਪੁਲੀਸ ਵੱਲੋਂ ਬੈਰੀਕੇਡ ਲਗਾ ਕੇ ਸੂਬੇ ਦੀ ਹੱਦ ‘ਤੇ ਰੋਕ ਕੇ ਰੱਖੇ ਕਿਸਾਨਾਂ ਵੱਲੋਂ ਰੋਕਾਂ ਖੋਲ੍ਹੇ ਜਾਣ ਤੱਕ ਇੱਥੇ ਹੀ ਡਟੇ ਰਹਿਣ ਤੇ ਕਿਸੇ ਨਾ ਕਿਸੇ ਰੂਪ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੇ ਅਹਿਦ ਤਹਿਤ ਅੱਜ ਇੱਥੇ 8 ਮਾਰਚ ਨੂੰ ਸ਼ੰਭੂ ਅਤੇ ਢਾਬੀਗੁੱਜਰਾਂ ਵਿੱਚ ਕੌਮਾਂਤਰੀ ਮਹਿਲਾ ਦਿਵਸ ਮਨਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਦੀਆਂ ਖਾਪ ਪੰਚਾਇਤਾਂ ਵੱਲੋਂ ਕਿਸਾਨ ਘੋਲ ਨੂੰ ਸਮਰਥਨ ਦੇਣ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਇਸ ਸਬੰਧੀ ਖਾਪ ਪੰਚਾਇਤਾਂ ਦਾ ਧੰਨਵਾਦ ਕੀਤਾ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਸੀ ਕਿ ਹੋਰਨਾਂ ਰਾਜਾਂ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਨੂੰ ਚਾਲੇ ਪਾਏ ਹੋਏ ਹਨ। ਇਸ ਮੌਕੇ ਹਰਿਆਣਾ ਦੇ ਕਿਸਾਨ ਆਗੂ ਅਸ਼ੋਕ ਬਲਿਹਾਰਾ ਸਣੇ ਕਿਸਾਨ ਯੂਨੀਅਨ ਆਜ਼ਾਦ ਦੇ ਸੂਬਾਈ ਪ੍ਰਧਾਨ ਜਸਵਿੰਦਰ ਲੌਂਗੋਵਾਲ, ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾਈ ਪ੍ਰਧਾਨ ਮਨਜੀਤ ਸਿੰਘ ਘੁਮਾਣਾ, ਕਿਸਾਨ ਯੂਨੀਅਨ ਭਟੇੜੀ ਦੇ ਸੂਬਾਈ ਆਗੂ ਗੁਰਧਿਆਨ ਸਿਓਣਾ ਵੀ ਮੌਜੂਦ ਸਨ।